ਮੋਗਾ ਦੇ ਪਿੰਡ ਕਿੱਲੀ ਚਾਹਲਾਂ ਵਿੱਚ 14 ਮਾਰਚ ਨੂੰ ਹੋਣ ਜਾ ਰਹੀ ਭਾਰਤੀ ਜਨਤਾ ਪਾਰਟੀ ਦੀ ਵੱਡੀ ਰੈਲੀ ਨੂੰ ਲੈ ਕੇ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਰੈਲੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਨਗੇ। ਰੈਲੀ ਨੂੰ ਲੈ ਕੇ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਪੂਰੇ ਇਲਾਕੇ ਵਿੱਚ ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ।
ਇਸ ਸਬੰਧੀ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਮੀਡੀਆ ਨਾਲ ਖਾਸ ਗੱਲਬਾਤ ਕਰਦਿਆਂ ਦੱਸਿਆ ਕਿ ਰੈਲੀ ਦੀਆਂ ਲਗਭਗ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਇਸ ਰੈਲੀ ਨੂੰ ਲੈ ਕੇ ਬੇਹੱਦ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਰੈਲੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਪਰਮਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਹਾਲਤ ਇਹ ਬਣ ਗਈ ਹੈ ਕਿ ਲੋਕਾਂ ਨੂੰ ਰੈਲੀ ਤੱਕ ਲਿਆਉਣ ਲਈ ਬੱਸਾਂ ਦੀ ਵੀ ਕਮੀ ਪੈ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਵਿੱਚ ਭਾਜਪਾ ਦੀ ਸਰਕਾਰ ਦੇਖਣਾ ਚਾਹੁੰਦੇ ਹਨ ਅਤੇ 14 ਮਾਰਚ ਨੂੰ ਹੋਣ ਵਾਲੀ ਇਹ ਰੈਲੀ ਇਸ ਗੱਲ ਦਾ ਸਬੂਤ ਦੇਵੇਗੀ। ਪਰਮਿੰਦਰ ਸਿੰਘ ਬਰਾੜ ਦੇ ਮੁਤਾਬਕ ਮੋਗਾ ਦੀ ਇਹ ਰੈਲੀ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵਾਂ ਮੀਲ ਪੱਥਰ ਸਾਬਤ ਹੋ ਸਕਦੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਰੈਲੀ ਵਿੱਚ ਪੰਜਾਬ ਦੇ ਹਰ ਕੋਨੇ ਤੋਂ ਲੋਕ ਪਹੁੰਚਣਗੇ ਅਤੇ ਵੱਡਾ ਇਕੱਠ ਦੇਖਣ ਨੂੰ ਮਿਲੇਗਾ।
ਭਾਜਪਾ ਵੱਲੋਂ ਰੈਲੀ ਦੀ ਸਫਲਤਾ ਲਈ ਪਿੰਡ ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਪਾਰਟੀ ਵਰਕਰਾਂ ਵੱਲੋਂ ਲੋਕਾਂ ਨੂੰ ਅਮਿਤ ਸ਼ਾਹ ਦੇ ਸੰਬੋਧਨ ਨੂੰ ਸੁਣਨ ਲਈ ਰੈਲੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਾ ਰਹੀ ਹੈ। ਪਾਰਟੀ ਦੀ ਕੋਸ਼ਿਸ਼ ਹੈ ਕਿ ਪੰਜਾਬ ਦਾ ਕੋਈ ਵੀ ਵਿਅਕਤੀ ਅਮਿਤ ਸ਼ਾਹ ਦੇ ਵਿਚਾਰਾਂ ਤੋਂ ਵਾਂਝਾ ਨਾ ਰਹਿ ਜਾਵੇ। ਇਸ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਅਤੇ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ।
ਸੂਤਰਾਂ ਮੁਤਾਬਕ ਇਸ ਰੈਲੀ ਵਿੱਚ ਦਿੱਲੀ ਤੋਂ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਕਈ ਸੀਨੀਅਰ ਆਗੂ ਵੀ ਸ਼ਿਰਕਤ ਕਰਨਗੇ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਸਮੇਤ ਸੂਬੇ ਅਤੇ ਜ਼ਿਲ੍ਹਾ ਪੱਧਰ ਦੇ ਕਈ ਨੇਤਾ ਮੌਜੂਦ ਰਹਿਣਗੇ। ਰੈਲੀ ਲਈ ਵੱਡਾ ਸਟੇਜ ਅਤੇ ਬੈਠਕ ਪ੍ਰਬੰਧ ਤਿਆਰ ਕੀਤਾ ਗਿਆ ਹੈ ਤਾਂ ਜੋ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ।
ਉਧਰ ਜੇ ਗੱਲ ਪੰਜਾਬ ਦੀ ਮੌਜੂਦਾ ਰਾਜਨੀਤੀ ਦੀ ਕੀਤੀ ਜਾਵੇ ਤਾਂ ਪਿਛਲੇ ਸਮੇਂ ਦੌਰਾਨ ਵੱਖ ਵੱਖ ਪਾਰਟੀਆਂ ਵੱਲੋਂ ਵੀ ਵੱਡੀਆਂ ਰੈਲੀਆਂ ਕੀਤੀਆਂ ਗਈਆਂ ਹਨ। 16 ਫਰਵਰੀ 2026 ਨੂੰ ਆਮ ਆਦਮੀ ਪਾਰਟੀ ਵੱਲੋਂ ਵੀ ਮੋਗਾ ਦੇ ਪਿੰਡ ਕਿੱਲੀ ਚਾਹਲਾਂ ਵਿੱਚ ਵੱਡੀ ਰੈਲੀ ਕੀਤੀ ਗਈ ਸੀ, ਜਿਸ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ ਸੀ। ਇਸ ਤੋਂ ਇਲਾਵਾ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਲਗਾਤਾਰ “ਪੰਜਾਬ ਬਚਾਓ ਰੈਲੀਆਂ” ਕਰਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
ਇਸ ਤਰ੍ਹਾਂ ਹੁਣ ਭਾਜਪਾ ਵੱਲੋਂ ਵੀ ਮੋਗਾ ਦੇ ਇਸੇ ਪਿੰਡ ਕਿੱਲੀ ਚਾਹਲਾਂ ਵਿੱਚ “ਬਦਲਾਅ ਰੈਲੀ” ਕਰਕੇ ਪੰਜਾਬ ਦੀ ਰਾਜਨੀਤੀ ਵਿੱਚ ਆਪਣੀ ਮੌਜੂਦਗੀ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰਾਜਨੀਤਿਕ ਮਾਹਿਰਾਂ ਦਾ ਕਹਿਣਾ ਹੈ ਕਿ ਵੱਖ ਵੱਖ ਪਾਰਟੀਆਂ ਦੀਆਂ ਲਗਾਤਾਰ ਰੈਲੀਆਂ ਨੇ ਪੰਜਾਬ ਦੀ ਸਿਆਸਤ ਨੂੰ ਕਾਫੀ ਗਰਮਾ ਦਿੱਤਾ ਹੈ।
ਹੁਣ ਸਭ ਦੀਆਂ ਨਜ਼ਰਾਂ 14 ਮਾਰਚ ਨੂੰ ਹੋਣ ਵਾਲੀ ਭਾਜਪਾ ਦੀ ਇਸ ਵੱਡੀ ਰੈਲੀ ਉੱਤੇ ਟਿਕੀਆਂ ਹੋਈਆਂ ਹਨ। ਦੇਖਣਾ ਇਹ ਹੋਵੇਗਾ ਕਿ ਮੋਗਾ ਦੇ ਕਿੱਲੀ ਚਾਹਲਾਂ ਵਿੱਚ ਹੋਣ ਵਾਲੀ ਇਹ ਬਦਲਾਅ ਰੈਲੀ ਕਿੰਨੀ ਸਫਲ ਰਹਿੰਦੀ ਹੈ ਅਤੇ ਪੰਜਾਬ ਦੀ ਰਾਜਨੀਤੀ ਉੱਤੇ ਇਸ ਦਾ ਕੀ ਪ੍ਰਭਾਵ ਪੈਂਦਾ ਹੈ।


