
ਰਜਿੰਦਰ ਸ਼ਰਮਾ ਬਣੇ ਬ੍ਰਾਹਮਣ ਭਲਾਈ ਬੋਰਡ ਦੇ ਜ਼ਿਲ੍ਹਾ ਚੇਅਰਮੈਨ
-ਨਿਯੁਕਤੀ ਨਾਲ ਇਲਾਕੇ ਵਿਚ ਖੁਸ਼ੀ ਦੀ ਲਹਿਰ, ਵੱਡੀ ਗਿਣਤੀ ਵਿਚ ਲੋਕਾਂ ਨੇ ਦਿੱਤੀਆਂ ਮੁਬਾਰਕਾਂ
ਫਿਰੋਜ਼ਪੁਰ 12 ਜੂਨ
: ਇਤਿਹਾਸਿਕ ਪਿੰਡ ਬਾਜੀਦਪੁਰ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਜਿੰਦਰ ਕੁਮਾਰ ਸ਼ਰਮਾ ਨੂੰ ਪੰਜਾਬ ਸਰਕਾਰ ਵੱਲੋਂ ਬ੍ਰਾਹਮਣ ਭਲਾਈ ਬੋਰਡ ਪੰਜਾਬ ਦਾ ਜ਼ਿਲ੍ਹਾ ਫ਼ਿਰੋਜ਼ਪੁਰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨੂੰ ਲੈ ਕੇ ਜ਼ਿਲ੍ਹੇ ਭਰ ਅਤੇ ਖ਼ਾਸ ਕਰਕੇ ਪਿੰਡ ਬਾਜੀਦਪੁਰ ਵਿਚ ਖੁਸ਼ੀ ਦਾ ਮਾਹੌਲ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਅਧਿਕਾਰਤ ਸਰਕੁਲਰ ਵੀ ਜਾਰੀ ਕਰ ਦਿੱਤਾ ਗਿਆ ਹੈ। ਇਹ ਨਿਯੁਕਤੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਆ ਦੀ ਅਗਵਾਈ ਹੇਠ ਕੀਤੀ ਗਈ ਹੈ। ਇਸ ਫ਼ੈਸਲੇ ਨੂੰ ਬ੍ਰਾਹਮਣ ਸਮਾਜ ਦੀ ਭਲਾਈ ਅਤੇ ਵਿਕਾਸ ਲਈ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਬ੍ਰਾਹਮਣ ਭਲਾਈ ਬੋਰਡ ਪੰਜਾਬ ਸੂਬੇ ਵਿਚ ਵੱਸਦੇ ਬ੍ਰਾਹਮਣ ਸਮਾਜ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੀ ਭਲਾਈ ਲਈ ਕੰਮ ਕਰਦਾ ਹੈ। ਬੋਰਡ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਸਰਕਾਰੀ ਯੋਜਨਾਵਾਂ ਨਾਲ ਜੋੜਨ, ਸਿੱਖਿਆ ਅਤੇ ਰੋਜ਼ਗਾਰ ਦੇ ਮੌਕਿਆਂ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ। ਰਜਿੰਦਰ ਕੁਮਾਰ ਸ਼ਰਮਾ ਲੰਮੇ ਸਮੇਂ ਤੋਂ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕਾਰਜਾਂ ਨਾਲ ਜੁੜੇ ਹੋਏ ਹਨ, ਜਿਸ ਕਾਰਨ ਉਨ੍ਹਾਂ ਦੀ ਨਿਯੁਕਤੀ ਨੂੰ ਲੋਕਾਂ ਵੱਲੋਂ ਭਰਪੂਰ ਸਮਰਥਨ ਅਤੇ ਸਵਾਗਤ ਮਿਲ ਰਿਹਾ ਹੈ। ਉਨ੍ਹਾਂ ਦੀ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਪਿੰਡ ਬਾਜੀਦਪੁਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਦੇ ਵੱਡੇ ਭਰਾ ਸੇਵਾ ਮੁਕਤ ਐੱਸ.ਐੱਚ.ਓ. ਤਰਸੇਮ ਸ਼ਰਮਾ, ਸਾਬਕਾ ਸਰਪੰਚ ਬਲਵਿੰਦਰ ਕੁਮਾਰ ਸ਼ਰਮਾ, ਕਮਲ ਲਾਹੌਰੀਆ, ਨਿਤੀਸ਼ ਕੁਮਾਰ ਸ਼ਰਮਾ, ਸੰਦੀਪ ਸ਼ਰਮਾ, ਟੋਜਿੰਦਰ ਕੁਮਾਰ, ਜੌਲੀ ਟਰਨਾ, ਗੁਰਦੀਪ ਸ਼ਰਮਾ, ਸੋਹਨ ਲਾਲ ਸ਼ਰਮਾ, ਅਮਰਜੀਤ ਸ਼ਰਮਾ, ਪ੍ਰਿੰਸੀਪਲ ਦਰਸ਼ਨ ਲਾਲ ਸ਼ਰਮਾ, ਹਰਜੀਤ ਕੁਮਾਰ ਸ਼ਰਮਾ, ਬਲਰਾਮ ਸ਼ਰਮਾ, ਗੁਲਸ਼ਨ ਸ਼ਰਮਾ, ਬਲਵਿੰਦਰ ਸਿੰਘ ਲਾਡੀ ਨੰਬਰਦਾਰ ਅਤੇ ਸ਼ਾਮ ਸਿੰਘ ਮੁਦਕਾ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਵਿਅਕਤੀਆਂ ਨੇ ਰਜਿੰਦਰ ਕੁਮਾਰ ਸ਼ਰਮਾ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਰਜਿੰਦਰ ਸ਼ਰਮਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਬ੍ਰਾਹਮਣ ਸਮਾਜ ਦੀ ਭਲਾਈ ਲਈ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਹਾਜ਼ਰ ਆਗੂਆਂ ਅਤੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਰਜਨੀਸ਼ ਕੁਮਾਰ ਦਹਿਆ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਸਰਕਾਰ ਵੱਲੋਂ ਯੋਗ ਅਤੇ ਮਿਹਨਤੀ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪ ਕੇ ਸਮਾਜਿਕ ਵਿਕਾਸ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।


