Welcome to Punjab News Fast 47   Click to listen highlighted text! Welcome to Punjab News Fast 47
https://punjabnewsfast47.live/wp-content/uploads/2024/01/jjujuu.gif
Trending

ਸਰਕਾਰ ਦੇ ਲਾਰਿਆਂ ਤੋਂ ਅੱਕੇ ਨਰੇਗਾ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਵਾਅਦਿਆਂ ਦੀ ਪੰਡ ਸਾੜੀ ਗਈ

-ਪਿਛਲੇ 18 ਸਾਲਾਂ ਵਿਚ ਝੂਠੇ ਲਾਰਿਆਂ ਤੋਂ ਇਲਾਵਾ ਮੁਲਾਜ਼ਮਾਂ ਦਾ ਕੱਖ ਨਹੀਂ ਕੀਤਾ ਅਫਸਰਸ਼ਾਹੀ ਨੇ, 15 ਜੁਲਾਈ ਨੂੰ ਪੰਚਾਇਤ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

ਫ਼ਿਰੋਜ਼ਪੁਰ 10 ਜੁਲਾਈ (ਗੁਰਪ੍ਰੀਤ ਸਿੰਘ ਭੁੱਲਰ ਪੱਤਰਕਾਰ): ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਮਰਜ਼ ਕਰਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈਕੇ ਪਿਛਲੇ 40 ਦਿਨਾਂ ਤੋਂ ਹੜਤਾਲ ਤੇ ਚੱਲ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਅੱਜ ਇੱਥੇ ਸਥਾਨਕ ਚਿਲਡਰਨ ਪਾਰਕ ਵਿਚ ਇਕ ਇਕੱਠ ਕੀਤਾ ਗਿਆ। ਇੱਥੋਂ ਤਿਆਰੀ ਕਰਕੇ ਪੰਜਾਬ ਸਰਕਾਰ ਦੇ ਵਾਅਦਿਆਂ ਦੀ ਪੰਡ ਨਾਲ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਇਕ ਰੋਸ ਰੈਲੀ ਕੱਢੀ ਗਈ। ਇਸਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇ ਕੇ ਜੋਰਦਾਰ ਨਾਅਰੇਬਾਜ਼ੀ ਤੋਂ ਬਾਅਦ ਸਰਕਾਰ ਦੇ ਵਾਅਦਿਆਂ ਦੀ ਪੰਡ ਸਾੜੀ ਗਈ। ਮੁਲਾਜ਼ਮਾਂ ਦਾ ਸਾਥ ਦੇਣ ਲਈ ਵੱਡੀ ਗਿਣਤੀ ਨਰੇਗਾ ਮਜ਼ਦੂਰ ਵੀ ਪੁੱਜੇ ਹੋਏ ਸਨ। ਇਸ ਮੌਕੇ ਐੱਸਡੀਐੱਮ ਫਿਰੋਜ਼ਪੁਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਅਤੇ ਹਰਪਿੰਦਰ ਸਿੰਘ ਟਿੱਬੀ ਨੇ ਦੱਸਿਆ ਕਿ ਅਸੀਂ 18 ਸਾਲਾਂ ਤੋਂ ਕੰਟਰੈਕਟ ਆਧਾਰਿਤ ਨੌਕਰੀ ਕਰ ਰਹੇ ਹਾਂ। ਸਮੇਂ ਦੀਆਂ ਸਰਕਾਰਾਂ ਵੱਲੋਂ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਨਰੇਗਾ ਮੁਲਾਜ਼ਮਾਂ ਨੂੰ ਵਰਤਿਆ ਜਾਂਦਾ ਰਿਹਾ ਹੈ। ਮੌਜ਼ੂਦਾ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ। ਅੱਜ ਸਾਢੇ ਚਾਰ ਸਾਲ ਬੀਤ ਜਾਣ ਬਾਅਦ ਵੀ ਕੋਈ ਸਾਡੀ ਗੱਲ ਸੁਣਨ ਨੂੰ ਤਿਆਰ ਨਹੀਂ। ਪੰਜਾਬ ਸਰਕਾਰ ਦਾ ਅਫ਼ਸਰਸ਼ਾਹੀ ਦੀਆਂ ਮਨਮਾਨੀਆਂ ਤੇ ਕੋਈ ਕੰਟਰੋਲ ਨਹੀਂ ਹੈ। ਪਿਛਲੇ 40 ਦਿਨਾਂ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਦੋ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਤਿੰਨ ਪੈਨਲ ਮੀਟਿੰਗਾਂ ਹੋ ਚੁੱਕੀਆਂ ਹਨ। ਦੋਵਾਂ ਮੰਤਰੀਆਂ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਉਣ ਤੋਂ ਬਾਅਦ ਵੀ ਅਫ਼ਸਰਸ਼ਾਹੀ ਨੇ ਮੁਲਾਜ਼ਮਾਂ ਦਾ ਕੱਖ ਨਹੀਂ ਕੀਤਾ। 7 ਜੁਲਾਈ ਨੂੰ ਹੋਈ ਉੱਚ ਪੱਧਰੀ ਮੀਟਿੰਗ ਵਿਚ ਅਫ਼ਸਰਸ਼ਾਹੀ ਵੱਲੋਂ 15 ਸਾਲ ਪੁਰਾਣੇ ਲਾਰਿਆਂ ਤੋਂ ਇਲਾਵਾ ਮੁਲਾਜ਼ਮਾਂ ਲਈ ਕੁਝ ਵੀ ਨਹੀਂ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਅਫਸਰਾਂ ਵੱਲੋਂ ਫਾਈਲ ਤਿਆਰ ਕਰਨ ਦੀ ਰੱਟ ਲਾਈ ਰੱਖੀ, ਜਦਕਿ 1 ਜੂਨ ਦੀ ਮੀਟਿੰਗ ਵਿਚ ਵੀ ਇਹੀ ਬਹਾਨਾ ਸੀ ਪਰ ਮੰਤਰੀ ਨੇ ਇੱਕ ਹਫ਼ਤੇ ਦਾ ਸਮਾਂ ਦਿੱਤਾ ਸੀ। ਵਿਭਾਗ ਦੇ ਉੱਚ ਅਧਿਕਾਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਨੌਕਰੀ ਤੋਂ ਕੱਢ ਕੇ ਨਵੀਂ ਭਰਤੀ ਕਰਨ ਦੀਆਂ ਧਮਕੀਆਂ ਦੇ ਰਹੇ ਹਨ। ਮੰਤਰੀ ਅਫ਼ਸਰਸ਼ਾਹੀ ਅੱਗੇ ਬੇਵੱਸ ਨਜ਼ਰ ਆਏ। ਜਿਸਦੇ ਰੋਸ ਵਜੋਂ ਹੀ ਅੱਜ ਦਾ ਪ੍ਰੋਗਰਾਮ ਪੂਰੇ ਪੰਜਾਬ ਵਿਚ ਸਾਰੇ ਜ਼ਿਲ੍ਹਾ ਸਦਰ ਮੁਕਾਮਾਂ ਤੇ ਉਲੀਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨਰੇਗਾ ਮੁਲਾਜ਼ਮ ਪੇਂਡੂ ਵਿਕਾਸ ਦੇ ਰੀੜ੍ਹ ਦੀ ਹੱਡੀ ਹਨ। ਮੁਲਾਜ਼ਮਾਂ ਵੱਲੋਂ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਵਿਚ ਵੀ ਕਰੋੜਾਂ ਰੁਪਏ ਦਾ ਉਧਾਰ ਮਟੀਰੀਅਲ ਚੁੱਕ ਕੇ ਪਿੰਡਾਂ ਦਾ ਵਿਕਾਸ ਕਰਵਾਇਆ ਗਿਆ ਹੈ। ਪਿੰਡਾਂ ਦੇ ਲੱਖਾਂ ਗਰੀਬ ਪਰਿਵਾਰਾਂ ਨੂੰ ਰੋਜ਼ੀ ਦਿੱਤੀ ਗਈ ਹੈ। ਅੱਜ ਜਦੋਂ ਮੁਲਾਜ਼ਮ ਆਪਣਾ ਰੁਜ਼ਗਾਰ ਪੱਕਾ ਕਰਨ ਦੀ ਮੰਗ ਕਰਦੇ ਹਨ ਤਾਂ ਸਰਕਾਰ ਨੂੰ ਕੋਈ ਫ਼ਿਕਰ ਨਹੀਂ ਹੈ। ਮੁੱਖ ਮੰਤਰੀ 70000 ਨਵੀਆਂ ਨੌਕਰੀਆਂ ਦੇਣ ਅਤੇ ਠੇਕੇਦਾਰੀ ਸਿਸਟਮ ਬਿਲਕੁਲ ਖ਼ਤਮ ਕਰਨ ਦਾ ਦਾਅਵਾ ਲੋਕ ਮਿਲਣੀ ਪ੍ਰੋਗਰਾਮਾਂ ਵਿਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 15 ਜੁਲਾਈ ਨੂੰ ਪੰਚਾਇਤ ਮੰਤਰੀ ਦੀ ਖੰਨਾ ਰਿਹਾਇਸ਼ ਦੇ ਘਿਰਾਓ ਦੌਰਾਨ ਹਜ਼ਾਰਾਂ ਤੋਂ ਵੱਧ ਦਾ ਇਕੱਠ ਕੀਤਾ ਜਾਵੇਗਾ। ਮੁੱਖ ਮੰਤਰੀ ਦੇ ਲੋਕ ਮਿਲਈ ਪ੍ਰੋਗਰਾਮਾਂ ਵਿਚ ਪਹੁੰਚ ਕੇ ਮੁੱਖ ਮੰਤਰੀ ਨੂੰ ਵੀ ਸਵਾਲ ਕੀਤੇ ਜਾਣਗੇ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!